ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ।
ਜੇਐਲ ਨਿਊਜ਼ / JL NEWS
ਬਟਾਲਾ(ਪੰਜਾਬ) / 09-06-2022
ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਏ ਗਏ ਅਤੇ ਨਾਲ ਹੀ ਬਨਾਵਟੀ ਅੰਗ ਲਗਾਉਣ ਲਈ ਉਨ੍ਹਾਂ ਦੀ ਅਸੈਸਮੈਂਟ ਕੀਤੀ ਗਈ। ਇਹ ਕੈਂਪ ਲਗਾਉਣ ਵਿੱਚ ਹੈਂਡੀਕੈਪ ਐਸੋਸੀਏਸ਼ਨ ਨੇ ਵੀ ਆਪਣਾ ਸਹਿਯੋਗ ਕੀਤਾ।
ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਨੇਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਜਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਦਿਵਿਆਂਗ ਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਤਿਕਾਰ ਤੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਦਿਵਿਆਂਗਜਨ ਨੂੰ ਆਪਣਾ ਯੂ.ਡੀ.ਆਈ.ਡੀ ਕਾਰਡ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਆਰਟੀਫੀਸ਼ਲ ਅੰਗ ਵੀ ਲਗਾਏ ਜਾਂਦੇ ਹਨ। ਇਸ ਮੌਕੇ ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦਿਵਿਆਂਗਜਨਾਂ ਦੀ ਸਹੂਲਤ ਲਈ ਉਨ੍ਹਾਂ ਦੇ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦਿਵਿਆਂਗਜਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਕੋਈ ਵੀ ਦਿਵਿਆਂਗਜਨ ਕਿਸੇ ਵੀ ਮਦਦ ਲਈ ਉਨ੍ਹਾਂ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਆਰਥੋ ਡਾ. ਹਰਪ੍ਰੀਤ ਸਿੰਘ, ਅੰਮ੍ਰਿਤ ਕਲਸੀ, ਤਰੁਨ ਕਲਸੀ, ਗੁਰਸ਼ਰਨ ਸਿੰਘ ਗਿੱਲ, ਕੰਵਲਜੀਤ ਸਿੰਘ, ਸੁਖਜਿੰਦਰ ਕੌਰ, ਰਣਬੀਰ ਕੌਰ ਧਾਲੀਵਾਲ, ਪਰਮਜੀਤ ਕੌਰ, ਜਸਬੀਰ ਕੌਰ, ਨਰਿੰਦਰ ਸਿੰਘ ਧਾਲੀਵਾਲ, ਸ਼ੰਮੀ ਕਪੂਰ, ਮਲਕੀਤ ਸਿੰਘ, ਭਰਤ ਅਗਰਵਾਲ, ਨਿੱਕੂ ਹੰਸਪਾਲ ਅਤੇ ਪ੍ਰਦੀਪ ਬੱਬੂ ਵੀ ਮੌਜੂਦ ਸਨ।
