“ਸ਼ਹੀਦਾਂ ਦੇ ਸੁਪਨਿਆਂ ਵਾਲੀ ਆਜ਼ਾਦੀ ਅਤੇ ਬਰਾਬਰੀ ਦਾ ਸਮਾਜ ਸਿਰਜਣਾ ਸਾਡਾ ਮਕਸਦ” — ਕਰਨੈਲ ਸਿੰਘ ਇਕੋਲਾਹਾ
“ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦੀ ਲੋੜ” — ਬਲਜੀਤ ਸਿੰਘ ਸੰਧੂ
“ਸ਼ਹੀਦਾਂ ਦੇ ਸੁਪਨਿਆਂ ਵਾਲੀ ਆਜ਼ਾਦੀ ਅਜੇ ਅਧੂਰੀ” — ਜਥੇਦਾਰ ਸਰਬਜੀਤ ਸਿੰਘ ਖਾਲਸਾ
“ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗੇ” — ਦਵਿੰਦਰ ਕੌਰ ਗਿੱਲ
ਜੇਐਲ ਨਿਊਜ਼ / JL NEWS
ਖੰਨਾ/ਈਸੜੂ(ਪੰਜਾਬ) / 15-08-2026
(ਰਿਪੋਰਟ: ਜੇ.ਪੀ. ਸਿੰਘ, ਸੁਖਦੇਵ ਸਿੰਘ)
ਆਜ਼ਾਦੀ ਦਿਵਸ ਦੇ ਮੌਕੇ ’ਤੇ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ) ਦੀ ਪੰਜਾਬ ਸੂਬਾ ਕਮੇਟੀ ਵੱਲੋਂ ਗੋਆ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਜੋਨ ਤੋੜੋ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ।
ਇਸ ਮੌਕੇ ਸਮਾਗਮ ਦੀ ਅਗਵਾਈ ਕਰਨੈਲ ਸਿੰਘ ਇਕੋਲਾਹਾ, ਸੂਬਾ ਸਕੱਤਰ ਆਰ. ਐਸ. ਪੀ ਅਤੇ ਕੌਮੀ ਜਨਰਲ ਸਕੱਤਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੇ ਕੀਤੀ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਸਿਰਫ਼ ਅੰਗਰੇਜ਼ੀ ਹਕੂਮਤ ਤੋਂ ਮੁਕਤੀ ਦਾ ਨਾਮ ਨਹੀਂ, ਸਗੋਂ ਹਰ ਨਾਗਰਿਕ ਲਈ ਆਰਥਿਕ, ਸਮਾਜਿਕ ਅਤੇ ਰਾਜਨੀਤਕ ਬਰਾਬਰੀ, ਇਨਸਾਫ਼ ਅਤੇ ਖੁਸ਼ਹਾਲੀ ਯਕੀਨੀ ਬਣਾਉਣਾ ਵੀ ਆਜ਼ਾਦੀ ਦਾ ਅਸਲ ਮਕਸਦ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਹੋਰਨਾਂ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸੇ ਤਰ੍ਹਾਂ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੇ ਪੰਜਾਬੀ ਸੂਬੇ ਦੀ ਮੰਗ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਪਣੀ ਜਾਨ ਨਿਛਾਵਰ ਕੀਤੀ। ਅੱਜ ਲੋੜ ਹੈ ਕਿ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਕੁਰਬਾਨੀਆਂ ਨੂੰ ਸਿਰਫ਼ ਯਾਦ ਕਰਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਲਈ ਲੋਕ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇ।
ਇਸ ਮੌਕੇ ਬਲਜੀਤ ਸਿੰਘ ਸੰਧੂ, ਸੂਬਾ ਪ੍ਰਧਾਨ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸਾਨੀ ਸੰਕਟ, ਬੇਰੁਜ਼ਗਾਰੀ, ਮਹਿੰਗਾਈ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਆਮ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸ਼ਹੀਦਾਂ ਦੇ ਸੁਪਨਿਆਂ ਵਾਲਾ ਭਾਰਤ ਬਣਾਉਣ ਲਈ ਲੋਕ-ਪੱਖੀ ਨੀਤੀਆਂ ਲਾਗੂ ਕਰਵਾਉਣੀਆਂ ਅਤੇ ਕਿਸਾਨ-ਮਜ਼ਦੂਰ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਦਵਿੰਦਰ ਕੌਰ ਗਿੱਲ ਸੂਬਾ ਪ੍ਰਧਾਨ ਯੂਨਾਇਟੇਡ ਮਹਿਲਾਂ ਸੰਘ ਨੇ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਦੀ ਕੁਰਬਾਨੀ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸੰਭਵ ਨਹੀਂ।
ਇਸ ਮੌਕੇ ਜਥੇਦਾਰ ਸਰਬਜੀਤ ਸਿੰਘ ਖਾਲਸਾ, ਆਰਐਸਪੀ ਉਮੀਦਵਾਰ ਵਿਧਾਨ ਸਭਾ ਹਲਕਾ ਖੰਨਾ ਨੇ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਦੀਆਂ ਕੁਰਬਾਨੀਆਂ ਪੰਜਾਬ ਅਤੇ ਦੇਸ਼ ਦੇ ਲੋਕਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਸ਼ਹੀਦਾਂ ਨੇ ਆਪਣੀ ਜ਼ਿੰਦਗੀ ਨਿੱਜੀ ਸੁਆਰਥਾਂ ਲਈ ਨਹੀਂ, ਸਗੋਂ ਲੋਕਾਂ ਦੇ ਹੱਕਾਂ, ਆਜ਼ਾਦੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਲਈ ਕੁਰਬਾਨ ਕੀਤੀ ਸੀ।
ਉਨ੍ਹਾਂ ਕਿਹਾ ਕਿ ਅੱਜ ਸਾਨੂੰ ਆਜ਼ਾਦੀ ਦਿਵਸ ਨੂੰ ਸਿਰਫ਼ ਰਸਮੀ ਤੌਰ ’ਤੇ ਮਨਾਉਣ ਦੀ ਬਜਾਏ ਇਹ ਵਿਚਾਰ ਕਰਨ ਦੀ ਲੋੜ ਹੈ ਕਿ ਕੀ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਅਤੇ ਆਮ ਲੋਕ ਅਸਲ ਆਰਥਿਕ ਤੇ ਸਮਾਜਿਕ ਆਜ਼ਾਦੀ ਮਾਣ ਰਹੇ ਹਨ? ਜੇਕਰ ਲੋਕਾਂ ਨੂੰ ਰੁਜ਼ਗਾਰ, ਸਿੱਖਿਆ, ਸਿਹਤ, ਇਨਸਾਫ਼ ਅਤੇ ਆਪਣੀ ਮਿਹਨਤ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਤਾਂ ਸ਼ਹੀਦਾਂ ਦੇ ਸੁਪਨਿਆਂ ਵਾਲੀ ਆਜ਼ਾਦੀ ਅਜੇ ਅਧੂਰੀ ਹੈ।
ਜਥੇਦਾਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਖੰਨਾ ਸਮੇਤ ਪੂਰੇ ਪੰਜਾਬ ਵਿੱਚ ਲੋਕ-ਪੱਖੀ ਰਾਜਨੀਤੀ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। RSP ਸ਼ਹੀਦਾਂ ਦੀ ਕੁਰਬਾਨੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਵਿੱਚ ਲੋਕਾਂ ਦੀ ਆਪਣੀ ਰਾਜਨੀਤਕ ਤਾਕਤ ਖੜ੍ਹੀ ਕਰਨ ਲਈ ਸੰਘਰਸ਼ ਜਾਰੀ ਰੱਖੇਗੀ।
ਆਗੂਆਂ ਨੇ ਕਿਹਾ ਕਿ “ਸ਼ਹੀਦਾਂ ਦੀ ਸੋਚ—ਲੋਕ ਸੰਘਰਸ਼ ਦੀ ਰਾਹ” ਦੇ ਨਾਅਰੇ ਨੂੰ ਅੱਗੇ ਵਧਾਉਂਦਿਆਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਰਣਜੀਤ ਸਿੰਘ ਚੀਮਾ, ਜਸਪਾਲ ਸਿੰਘ ਖਾਲਸਾ, ਅਵਤਾਰ ਸਿੰਘ ਖਾਲਸਾ, ਅਮਨਿੰਦਰ ਸਿੰਘ ਢਿੱਲੋਂ,ਸ਼ਮਸ਼ੇਰ ਸਿੰਘ ਖਾਲਸਾ,ਦਿਲਪ੍ਰੀਤ ਸਿੰਘ ਕੋਚ, ਮਨੀ ਮਾਜਰੀ, ਬਲਵੰਤ ਸਿੰਘ ਖਾਲਸਾ,ਨਗਿੰਦਰ ਸਿੰਘ ਢਿੱਲੋਂ, ਮਨਦੀਪ ਕੌਰ ਤੋਂ ਇਲਾਵਾ ਹੋਰ ਸਾਥੀ ਵੀ ਹਾਜ਼ਰ ਸਨ।
