ਜੇਐਲ ਨਿਊਜ਼ / JL NEWS
(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)
ਆਲ ਇੰਡੀਆ ਸੰਯੁਕਤ ਕਿਸਾਨ ਸਭਾ (AISKS) ਦੀ ਕੇਰਲਾ ਸੂਬਾ ਕਮੇਟੀ ਦੀ ਮੀਟਿੰਗ ਤਿਰੂਵਨੰਤਪੁਰਮ ਵਿੱਚ ਹੋਈ ਜਿਸ ਵਿੱਚ ਕਿਸਾਨਾਂ ਦੇ ਹੱਕਾਂ ਲਈ ਵਿਆਪਕ ਜਨਤਕ ਸੰਘਰਸ਼ ਤੇਜ਼ ਕਰਨ, MSP ਦੀ ਕਾਨੂੰਨੀ ਗਾਰੰਟੀ ਲਈ ਆਵਾਜ਼ ਬੁਲੰਦ ਕਰਨ ਅਤੇ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼-ਵਿਆਪੀ ਲਾਮਬੰਦੀ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਵਿੱਚ ਕੇਰਲਾ ਵਿੱਚ ਕਿਸਾਨ ਜਥੇਬੰਦੀ ਦੀਆਂ ਸਰਗਰਮੀਆਂ, ਮੈਂਬਰਸ਼ਿਪ ਵਧਾਉਣ, ਜ਼ਿਲ੍ਹਾ ਕਮੇਟੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਵੱਖ-ਵੱਖ ਮਸਲਿਆਂ ’ਤੇ ਸੰਘਰਸ਼ ਤੇਜ਼ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਕਾਮਰੇਡ ਕੇ. ਐਸ. ਵੇਣੂਗੋਪਾਲ, ਨੈਸ਼ਨਲ ਵਾਈਸ ਪ੍ਰੈਜ਼ੀਡੈਂਟ, ਕਾਮਰੇਡ ਕੇ. ਜੀ. ਵਿਜਯਾਦੇਵਿਨ ਪਿੱਲੈ ਸੂਬਾ ਪ੍ਰਧਾਨ ਅਤੇ ਨੈਸ਼ਨਲ ਸਕੱਤਰ; ਕਾਮਰੇਡ ਐਸ. ਐਸ. ਬੱਲੂ ਅਤੇ ਕਾਮਰੇਡ ਮਹੇਸ਼ਵਰਨ ਪਿੱਲੈ ਸਮੇਤ ਸੂਬਾ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਆਰਐਸਪੀ ਸੈਂਟਰਲ ਸਕੱਤਰੇਤ ਮੈਂਬਰ ਕਾਮਰੇਡ ਬਾਬੂ ਦਿਵਾਕਰਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹੱਕਾਂ ਲਈ ਵਿਸ਼ਾਲ ਜਨਤਕ ਸੰਘਰਸ਼ ਖੜ੍ਹਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਮੋਦੀ-ਸ਼ਾਹ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ MSP ਦੀ ਕਾਨੂੰਨੀ ਗਾਰੰਟੀ ਅਤੇ C2+50% ਦੇ ਅਧਾਰ ’ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਸਮੇਤ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ। ਕਿਸਾਨਾਂ ਦੀ ਜ਼ਮੀਨ, ਰੋਜ਼ੀ-ਰੋਟੀ ਅਤੇ ਖੇਤੀਬਾੜੀ ਦੀ ਰੱਖਿਆ ਲਈ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਕਰਕੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਦੀ ਲੋੜ ਹੈ।
ਕਾਮਰੇਡ ਇਕੋਲਾਹਾ ਨੇ ਕਿਹਾ ਕਿ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਕੇਰਲਾ ਸੂਬਾ ਕਮੇਟੀ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੂੰ ਜਥੇਬੰਦ ਕਰਕੇ ਉਨ੍ਹਾਂ ਦੇ ਹੱਕਾਂ ਲਈ ਲਗਾਤਾਰ ਜਨਤਕ ਸੰਘਰਸ਼ ਤੇਜ਼ ਕਰੇਗੀ। ਕਿਸਾਨਾਂ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਕੇਰਲਾ ਸੂਬਾ ਸਕੱਤਰ ਕਾਮਰੇਡ ਏ. ਸਜੀਵ ਹਾਦਸੇ ਦਾ ਸ਼ਿਕਾਰ ਹੋਣ ਅਤੇ ਲੱਤ ’ਤੇ ਪਲਾਸਟਰ ਹੋਣ ਕਾਰਨ ਮੀਟਿੰਗ ਵਿੱਚ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਨੇ ਆਪਣੀ ਸੂਬਾ ਕਮੇਟੀ ਦੀ ਰਿਪੋਰਟ ਵਟਸਐਪ ਰਾਹੀਂ ਭੇਜੀ, ਜਿਸ ਨੂੰ ਮੀਟਿੰਗ ਵਿੱਚ ਵਿਚਾਰ ਲਈ ਪੇਸ਼ ਕੀਤਾ ਗਿਆ।
ਰਿਪੋਰਟ ਅਨੁਸਾਰ ਪਿਛਲੀ ਸੂਬਾ ਕਮੇਟੀ ਮੀਟਿੰਗ ਤੋਂ ਬਾਅਦ ਤਿਰੂਵਨੰਤਪੁਰਮ, ਕੋਲਮ, ਪਥਨਮਥਿੱਟਾ, ਅਲੱਪੁਝਾ, ਕੋਟਾਯਮ, ਏਰਨਾਕੁਲਮ ਅਤੇ ਇਡੁੱਕੀ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਕਮੇਟੀ ਮੀਟਿੰਗਾਂ ਕੀਤੀਆਂ ਗਈਆਂ। 1 ਅਗਸਤ ਕਿਸਾਨ ਦਿਵਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਵੀ ਕਰਵਾਏ ਗਏ।
ਮੀਟਿੰਗ ਵਿੱਚ ਪਹਾੜੀ ਅਤੇ ਜੰਗਲੀ ਖੇਤਰਾਂ ਦੇ ਕਿਸਾਨਾਂ ਨੂੰ ਜਥੇਬੰਦ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਨ੍ਹਾਂ ਖੇਤਰਾਂ ਵਿੱਚ ਮਨੁੱਖ-ਜੰਗਲੀ ਜੀਵ ਟਕਰਾਅ, ਫ਼ਸਲਾਂ ਦੇ ਨੁਕਸਾਨ ਅਤੇ ਕਿਸਾਨਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਗਿਆ।
ਕਮੇਟੀ ਨੇ ਕਿਹਾ ਕਿ ਫਾਰੈਸਟ ਵਿਭਾਗ ਦਾ ਰਵੱਈਆ ਕਿਸਾਨ-ਪੱਖੀ ਹੋਣਾ ਚਾਹੀਦਾ ਹੈ ਅਤੇ ਮਨੁੱਖ-ਜੰਗਲੀ ਜੀਵ ਟਕਰਾਅ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਸਰਕਾਰ ਅਤੇ ਪ੍ਰਸ਼ਾਸਨ ’ਤੇ ਲਗਾਤਾਰ ਦਬਾਅ ਬਣਾਇਆ ਜਾਵੇਗਾ।
ਮੀਟਿੰਗ ਵਿੱਚ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ, ਜ਼ਿਲ੍ਹਾ ਕਮੇਟੀਆਂ ਨੂੰ ਸਰਗਰਮ ਕਰਨ, ਪਿੰਡ ਪੱਧਰ ’ਤੇ ਜਥੇਬੰਦਕ ਕੰਮ ਵਧਾਉਣ ਅਤੇ ਕਿਸਾਨਾਂ ਦੇ ਮਸਲਿਆਂ ’ਤੇ ਲਗਾਤਾਰ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ।
ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੂੰ ਕੇਰਲਾ ਵਿੱਚ ਇੱਕ ਮਜ਼ਬੂਤ, ਆਜ਼ਾਦ ਅਤੇ ਜੁਝਾਰੂ ਕਿਸਾਨ ਜਥੇਬੰਦੀ ਵਜੋਂ ਵਿਕਸਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਜਥੇਬੰਦਕ ਕੰਮ ਅਤੇ ਕਿਸਾਨ ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
